ਪੰਜਾਬ ਭਰ ਦੇ ਠੇਕਾ ਮੁਲਾਜਮਾਂ ਦਾ ਸੰਘਰਸ਼ ਅੱਜ ਦੂਜੇ ਦਿਨ ਵੀ ਰਿਹਾ ਜਾਰੀ

Spread the love

9,10,11 ਅਗਸਤ ਦੀ ਹੜਤਾਲ ਕਰਕੇ ਤਿੱਖੇ ਸੰਘਰਸ਼ ਦਾ ਹੋਵੇਗਾ ਬਿਗਲ-ਰੇਸ਼ਮ ਸਿੰਘ ਗਿੱਲ

ਫਿਰੋਜ਼ਪੁਰ 4 ਅਗਸਤ (ਗੌਰਵ ਭਟੇਜਾ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਲੈਕੇ 3 ਅਤੇ 4 ਅਗਸਤ ਨੂੰ ਦੋ ਦਿਨਾ ਸਮੂਹਿਕ ਛੁੱਟੀ ਲੈਕੇ ਵੱਖ ਵੱਖ ਦਫਤਰਾਂ ਦੇ ਬਾਹਰ ਅੱਜ ਦੂਸਰੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ। ਇਸੇ ਲੜੀ ਦੇ ਤਹਿਤ ਅੱਜ ਫਿਰੋਜ਼ਪੁਰ ਛਾਉਣੀ ਦੇ ਬੱਸ ਸਟੈਂਡ ਤੇ ਰੋਡਵੇਜ਼, ਪਨਬਸ, ਪੀ ਆਰ ਟੀ ਸੀ ਠੇਕਾ ਮੁਲਾਜਮਾ ਵਲੋਂ ਰੋਸ ਧਰਨਾ ਦਿੱਤਾ ਗਿਆ । ਇਸ ਮੌਕੇ ਸੂਬਾਈ ਆਗੂ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਪਰ ਤ੍ਰਾਂਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੀ ਥਾਂ ਤੇ ਕੇਂਦਰ ਸਰਕਾਰ ਦੀਆਂ ਕਾਰੋਪਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਭਾਗਾਂ ਦੇ ਪੁਨਰਗਠਨ ਦੇ ਨਾਮ ਤੇ ਇੱਕ ਲੱਖ ਦੇ ਕਰੀਬ ਅਸਾਮੀਆਂ ਦਾ ਖਾਤਮਾ ਕਰ ਦਿੱਤਾ ਹੈ ਅਤੇ ਸਰਕਾਰ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਿਭਾਗਾਂ ਵਿੱਚ ਸਿੱਧੇ ਠੇਕੇ ਤੇ ਭਰਤੀ ਬਹੁਤ ਹੀ ਸੀਮਿਤ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਜਦੋਂ ਸਮੂਹ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਟਰਾਂਸਪੋਰਟ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ, ਥਰਮਲਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਜ਼ੋਨ ਬਠਿੰਡਾ, ਪਾਵਰਕਾਮ ਅਤੇ ਟ੍ਰਾਂਸਕੋ, ਮਗਨਰੇਗਾ, ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਬੀ.ਓ.ਸੀ. (ਕਿਰਤ ਵਿਭਾਗ) ਸਿਹਤ ਅਤੇ ਸਿੱਖਿਆ ਆਦਿ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ, ਆਊਟਸੋਰਸਿੰਗ, ਇਨਲਿਸਟਮੈਂਟ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਲੱਖ-ਸਵਾ ਲੱਖ ਠੇਕਾ ਮੁਲਾਜਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਹਨ। ਪਰ ਸਰਕਾਰ ਥੋੜੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਕੇ ਕੀਤੇ ਵਾਅਦੇ ਦੀ ਖਾਨਾ ਪੂਰਤੀ ਕਰਨਾ ਚਾਹੁੰਦੀ ਹੈ। ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 3 ਅਤੇ 4 ਅਗਸਤ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਅੱਜ ਦੂਸਰੇ ਦਿਨ ਵੀ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ ਕੈਪਟਨ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਪਿੰਡਾਂ-ਸ਼ਹਿਰਾਂ ਵਿੱਚ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਇਨਲਿਸਟਮੈਂਟ ਆਦਿ ਸਮੇਤ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ। ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ। ਮੁਲਾਜਮਾਂ ਨੂੰ ਸੰਬੋਧਨ ਕਰਦੇ ਹੋਏ ਚੈਅਰਮੈਨ ਸੁਰਜੀਤ ਸਿੰਘ, ਸੈਕਟਰੀ ਹਰਜੀਤ ਸਿੰਘ, ਕੈਸ਼ੀਅਰ ਮੁੱਖਪਾਲ ਸਿੰਘ, ਜ਼ੀਰਾ ਡਿਪੂ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਦੀ ਤਿੰਨ ਰੋਜ਼ਾ ਹੜਤਾਲ ਦੇ ਸਬੰਧ ਵਿੱਚ ਪੰਜਾਬ ਦੀ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮਿਤੀ 6 ਅਗਸਤ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਯੂਨੀਅਨ ਦੀ ਮੀਟਿੰਗ ਬੁਲਾਈ ਹੈ। ਜਿਸ ਕਾਰਨ ਅੱਜ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੀਟਿੰਗ ਵਿੱਚ ਹੱਲ ਨਾ ਕੱਢਿਆ ਤਾਂ ਯੂਨੀਅਨ ਵਲੋਂ ਪੁਤਲੇ ਫੂਕਣ ਸਮੇਤ ਮਿਤੀ 9-10-11ਅਗਸਤ ਦੀ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਜਾ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਘੇਰਨ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਸ ਵਿੱਚ ਲੋਕਾਂ ਦੀ ਖੱਜਲ ਖ਼ੁਆਰੀ ਅਤੇ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ ।

Leave a Reply

Your email address will not be published. Required fields are marked *

Open chat